ਚੰਡੀਗਡ਼੍ਹ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਪਾਰਟੀ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੁਝ ਹੀ ਦੇਰ ਵਿਚ ਪਹੁੰਚ ਰਹੇ ਹਨ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਚੰਨੀ, ਪ੍ਰਧਾਨ ਨਵਜੋਤ ਸਿੱਧੂ ਤੇ ਇੰਚਾਰਜ ਹਰੀਸ਼ ਚੌਧਰੀ ਵਿਚਕਾਰ ਇਕ ਅਹਿਮ ਮੀਟਿੰਗ ਹੋਵੇਗੀ। ਜਿਸ ਵਿਚ ਸੰਗਠਨ ਦੇ ਕੰਮਾਂ ਬਾਰੇ ਚਰਚਾ ਹੋਵੇਗੀ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ।
ਦੱਸ ਦੇਈਏ ਕਿ 28 ਸਤੰਬਰ ਨੂੰ ਅਸਤੀਫ਼ਾ ਦੇਣ ਤੋਂ ਬਾਅਦ 5 ਨਵੰਬਰ ਨੂੰ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤਕ ਏਜੀ ਤੇ ਡੀਜੀਪੀ ਨਹੀਂ ਬਦਲੇ ਜਾਣਗੇ ਉਦੋਂ ਤਕ ਉਹ ਕਾਰਜਭਾਰ ਨਹੀਂ ਸੰਭਾਲਣਗੇ। ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਏਜੀ ਬਦਲ ਦਿੱਤਾ ਗਿਆ ਹੈ ਤੇ ਡੀਜੀਪੀ ਪੈਨਲ ਦੀ ਕਾਰਵਾਈ ਹੋਣ ਤੋਂ ਬਾਅਦ ਬਦਲ ਦਿੱਤੇ ਜਾਣਗੇ।
ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਤੇ 23 ਜੁਲਾਈ ਨੂੰ ਉਨ੍ਹਾਂ ਨੇ ਪਾਰਟੀ ਦਾ ਕਾਰਜਭਾਰ ਸੰਭਾਲਿਆ ਸੀ।
