ਖੇਤੀ ਕਾਨੂੰਨਾਂ ਨੂੰ ਹੁਣ ਕੇਂਦਰ ਸਰਕਾਰ ਜਲਦ ਤੋਂ ਜਲਦ ਵਾਪਸ ਲੈਣ ਦਾ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਇਸ ਬੁੱਧਵਾਰ ਨੂੰ ਭਾਵ 24 ਨਵੰਬਰ 2021 ਨੂੰ ਮੋਦੀ ਕੈਬਨਿਟ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਵਾਨਗੀ ਦੇ ਦੇਣਗੇ। ਜਾਣਕਾਰੀ ਅਨੁਸਾਰ ਇਸ ਬੁੱਧਵਾਰ ਨੂੰ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ।
ਅਜੇ ਵੀ ਕਿਸਾਨ ਜਾਰੀ ਰੱਖਣਗੇ ਅੰਦੋਲਨ
ਖੇਤੀ ਸੁਧਾਰ ਕਾਨੂੰਨ ਵਾਪਸ ਲਏ ਜਾਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦੇ ਬਾਵਜੂਦ ਕਿਸਾਨ ਸੰਗਠਨ ਪ੍ਰਦਰਸ਼ਨ ਜਾਰੀ ਰੱਖਣਗੇ। ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਨੇ ਸ਼ਨੀਵਾਰ ਨੂੰ ਬੈਠਕ ਕਰ ਕੇ ਫ਼ੈਸਲਾ ਲਿਆ ਕਿ ਅੰਦੋਲਨ ਲਈ ਪਹਿਲਾਂ ਜੋ ਪ੍ਰੋਗਰਾਮ ਨਿਰਧਾਰਿਤ ਕੀਤੇ ਗਏ ਸੀ ਉਹ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ ਵਿਚ ਮਹਾ ਪੰਚਾਇਤ, 26 ਨਵੰਬਰ ਨੂੰ ਅੰਦੋਲਨ ਦੇ ਇਕ ਸਾਲ ਪੂਰੇ ਹੋਣ ‘ਤੇ ਸਾਰੇ ਮੋਰਚਿਆਂ ‘ਤੇ ਭੀੜ ਵਧਾਈ ਜਾਵੇਗੀ ਤੇ ਸੰਸਦ ਦਾ ਸਰਦਰੁੱਤ ਸ਼ੈਸ਼ਨ ਸ਼ੁਰੂ ਹੋਣ ‘ਤੇ 29 ਨਵੰਬਰ ਨੂੰ ਸੰਸਦ ਕੂਚ ਕੀਤੀ ਜਾਵੇਗੀ। ਆਗਾਮੀ ਰਣਨੀਤੀ ਤੇ ਭਵਿੱਖ ‘ਤੇ ਫ਼ੈਸਲਾ ਕਰਨ ਲਈ ਮੋਰਚੇ ਦੇ ਆਗੂ ਅੱਜ ਫਿਰ ਬੈਠਕ ਕਰ ਰਹੇ ਹਨ।
