ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਮੈਂਬਰਾਂ ਨਾਲ ਕੀਤੀ ਇਕੱਤਰਤਾ ਵਿਚ ਬੀਬੀ ਜਗੀਰ ਕੌਰ ਦੇ ਕੰਮਾਂ ਨੂੰ ਸਲਾਹਿਆ ਅਤੇ ਕਿਹਾ ਬੀਬੀ ਜਗੀਰ ਕੌਰ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ ਅਤੇ ਮੰਤਰੀ ਬਣ ਕੇ ਲੋਕਾਂ ਦੀ ਸੇਵਾ ਕਰੇਗੀ।
ਇਸ ਤੋਂ ਸੰਕੇਤ ਹੁੰਦਾ ਹੈ ਕਿ ਕਿਤੇ ਨਾ ਕਿਤੇ ਨਵਾਂ ਚਿਹਰਾ ਸਾਹਮਣੇ ਆਏਗਾ। 29 ਨਵੰਬਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਮੁੜ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਥਾਪਣ ਦੇ ਅਧਿਕਾਰ ਦੇ ਦਿੱਤੇ ਹਨ।
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਨਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਸ਼੍ਰੋਮਣੀ ਕਮੇਟੀ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ, ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਸ਼ਾਮਲ ਹੋਏ। ਇਕੱਤਰਤਾ ਵਿੱਚ ਜਿੱਥੇ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਨਾਂ ਨੇ ਬੀਬੀ ਜਗੀਰ ਕੌਰ ਦੇ ਇਸ ਸਾਲ ਦੇ ਕਾਰਜਕਾਲ ਤੇ ਸੰਤੁਸ਼ਟੀ ਪ੍ਰਗਟਾਈ, ਉਥੇ ਹੀ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ।
ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਬਰਾਂ ਦੇ ਨਾਲ ਇਕੱਤਰਤਾ ਕੀਤੀ ਹੈ। ਇਸ ਇਕੱਤਰਤਾ ਵਿੱਚ ਮੈਂਬਰਾਂ ਵੱਲੋਂ ਪਾਰਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਿ੍ੰਗ ਮੈਂਬਰਾਂ ਦੇ ਨਾਮ ਚੁਣਨ ਦੇ ਅਧਿਕਾਰ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਅਧਿਕਾਰ ਦੇ ਦਿੱਤੇ ਗਏ ਹਨ, ਅਗਲਾ ਫ਼ੈਸਲਾ ਪਾਰਟੀ ਦੇ ਨਾਲ ਸਲਾਹ ਮਸ਼ਵਰਾ ਕਰਕੇ ਹੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦਾ ਨਾਮ ਪੇਸ਼ ਕੀਤਾ ਜਾਵੇਗਾ। ਲਿਫਾਫੇ ‘ਚੋਂ ਨਿਕਲਣ ਵਾਲੇ ਪ੍ਰਧਾਨ ‘ਤੇ ਉਨ੍ਹਾਂ ਕਿਹਾ ਕਿ ਕਿਥੇ ਹੈ ਲਿਫ਼ਾਫ਼ਾ ਮੇਰੇ ਪਾਸ ਤਾਂ ਨਹੀਂ ਜੇ ਕਿਸੇ ਪਾਸ ਹੈ ਤਾਂ ਦੱਸ ਦੇਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕੁੱਲ ਮੈਂਬਰ 170 ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ ਪੰਦਰਾਂ ਮੈਂਬਰ ਨਾਮਜ਼ਦ ਹੁੰਦੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਪੰਜ ਤਖਤਾਂ ਦੇ ਜਥੇਦਾਰ ਸ਼ਾਮਲ ਹਨ। 23 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਕੁਲ 160 ਮੈਂਬਰ ਇਸ ਚੋਣ ਵਿਚ ਭਾਗ ਲੈ ਸਕਦੇ ਹਨ। ਇਸ ਮੌਕੇ ਸੰਤ ਬਲਬੀਰ ਸਿੰਘ ਘੁੰਨਸ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਗੁਰਿੰਦਰ ਸਿੰਘ ਬਾਵਾ ਮੁੰਬਈ ਸਮੇਤ ਇਸ ਇਕੱਤਰਤਾ ਵਿਚ 100 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
