ਮੋਹਾਲੀ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸ਼ੁਕਰਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਵੱਡਾ ਨਾਅਰੇਬਾਜ਼ੀ ਕੀਤੀ। ਮੌਕੇ ਤੋਂ ਮਿਲੇ ਵੇਰਵਿਆਂ ਅਨੁਸਾਰ ਧਰਨਾਕਾਰੀ ਲਖੀਮਪੁਰ ’ਚ ਸੰਘਰਸ਼ੀਲ ਕਿਸਾਨਾਂ ਦੇ ਇਕੱਠ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾਉਣ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣਾਂ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ, ਪੰਜਾਬ ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮੁੱਦੇ ਸ਼ਾਮਲ ਹਨ। ਧਰਨਾਕਾਰੀਆਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਦੇ ਵਾਈਪੀਐੱਸ ਚੌਕ ਵੱਲ ਪੈਦਲ ਮਾਰਚ ਕਰਨਾ ਹੈ ਜਿਸ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਧਰਨਾਕਾਰੀ ਆਗੂ ਇਕੱਠੇ ਹੋ ਰਹੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਲਗਾਤਾਰ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਇਤਿਹਾਸ ਦੀਆਂ ਕਿਤਾਬਾਂ ’ਚ ਗੁਰੂ ਸਾਹਿਬਾਨ ਪ੍ਰਤੀ ਭੱਦੀ ਸ਼ਬਦਾਵਲੀ ਬਾਰੇ ਦਿੱਤੀਆਂ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਦ ਕਿ ਕਮੇਟੀ ਨੇ ਰਿਪੋਰਟਾਂ ਵੀ ਪੇਸ਼ ਕਰ ਦਿੱਤੀਆਂ ਹਨ, ਹੁਣ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਚ ਹਾਲੇ ਤਕ ਕੋਈ ਪ੍ਰਤੀਕਰਮ ਜ਼ਾਹਰ ਨਹੀਂ ਕਰ ਰਹੀ। ਇਸ ਲਈ ਕਿਸਾਨ ਜਥੇਬੰਦੀਆਂ ਨਾਲ ਮਿਲਕੇ ਬਾਕੀ ਮਸਲਿਆਂ ਦੇ ਨਾਲ-ਨਾਲ ਇਸ ਮੁੱਦੇ ’ਤੇ ਬਾਕਾਇਦਾ ਵੱਡਾ ਇਕੱਠ ਰੱਖਿਆ ਗਿਆ ਹੈ।

