ਜਲੰਧਰ : ਸ਼ਹਿਰ ’ਚ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਦਰਅਸਲ ਲੰਮਾ ਪਿੰਡ-ਜੰਡੂਸਿੰਘਾ ਰੋਡ ’ਤੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਹਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਮਦਾਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਿ੍ਰਤਕ ਪਠਾਨਕੋਟ ਚੌਕ ਸਥਿਤ ਬਰਗਰ ਕਿੰਗ ’ਚ ਕੰਮ ਕਰਦਾ ਸੀ ਅਤੇ ਰਾਤ ਦੀ ਡਿਊਟੀ ਕਰ ਕੇ ਘਰ ਜਾ ਰਿਹਾ ਸੀ। ਰਸਤੇ ’ਚ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।
ਕੰਮ ਦੇ ਨਾਲ-ਨਾਲ ਪੜ੍ਹਾਈ ਕਰਦਾ ਸੀ ਮਿ੍ਰਤਕ ਨੌਜਵਾਨ
ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱੱਤਾ ਹੈ। ਇਸ ਦੇ ਨਾਲ ਹੀ ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮਿ੍ਰਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਰਜੀਤ ਸਿੰਘ ਨੇ ਕੁਝ ਦਿਨਾਂ ਬਾਅਦ ਕੈਨੇਡਾ ਜਾਣਾ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਲੱਗੀ ਹੋਈ ਹੈ।
