ਲੁਧਿਆਣਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਜ਼ਾਦੀ ਦਿਹਾੜੇ ਮੌਕੇ ਕੀਤਾ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ। ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 75 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਸ ਦੇ ਨਾਲ ਹੁਣ ਪੰਜਾਬ ਵਿਚ 75 ਨਹੀਂ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ। ਉਨ੍ਹਾਂ ਟਵੀਟ ਵਿਚ ਲਿਖਿਆ ਕਿ ਸਾਡੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਿਹਤ ਕ੍ਰਾਂਤੀ ਪੰਜਾਬ ਵਿਚ ਜਾਰੀ ਹੈ।
ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…
ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0— Bhagwant Mann (@BhagwantMann) August 16, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਹਰ ਥਾਂ ਖੋਲ੍ਹੇ ਜਾਣਗੇ। ਵੱਡੇ ਪਿੰਡਾਂ ਵਿੱਚ ਦੋ ਕਲੀਨਿਕ ਖੋਲ੍ਹੇ ਜਾਣਗੇ। ਹਰੇਕ ਆਮ ਆਦਮੀ ਕਲੀਨਿਕ ਵਿੱਚ 4-5 ਵਿਅਕਤੀ ਸਟਾਫ਼ ਹੋਣਗੇ ਜਿਨ੍ਹਾਂ ਵਿੱਚ MBBS ਡਾਕਟਰ, ਫਾਰਮਾਸਿਸਟ, ਨਰਸਾਂ ਅਤੇ ਹੋਰ ਸ਼ਾਮਲ ਹੋਣਗੇ। ਇੱਥੇ ਲਗਭਗ 100 ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਲੋਕਾਂ ਨੂੰ ਮੁਫਤ ਦਿੱਤੇ ਜਾਣੇ ਹਨ।
ਸਿਰਫ਼ ਗੰਭੀਰ ਮਰੀਜ਼ਾਂ ਨੂੰ ਹੀ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕੀਤਾ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲਣਗੀਆਂ, ਜਿਸ ਨਾਲ ਹਸਪਤਾਲਾਂ ‘ਤੇ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿੱਚ ਰੈਫ਼ਰ ਕੀਤਾ ਜਾਵੇਗਾ।
ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਉਪਲਬਧ ਹੋਵੇਗੀ
ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇੱਥੇ ਦਵਾਈਆਂ ਵੀ ਮੁਫ਼ਤ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਕਲੀਨਿਕਾਂ ਵਿੱਚ ਡਾਕਟਰਾਂ ਦੀਆਂ ਅਸਾਮੀਆਂ ਲਈ 2140 ਉੱਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਅਤੇ ਸਿੱਖਿਆ ਖੇਤਰ ਰਾਜ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਸੁਧਾਰ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ
ਇਸ ਦੇ ਨਾਲ ਹੀ ਮਾਨਸਾ ਦੇ ਪਿੰਡ ਬੁਰਜ ਹਰੀ ਵਿੱਚ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸ਼ੁਰੂ ਕੀਤੇ ਗਏ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ।
