ਚੰਡੀਗੜ੍ਹ : ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਭਗਵੰਤ ਮਾਨ ਨੇ ਐਲਾਨ UGC ਦਾ 7ਵਾਂ ਪੇਅ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਕਾਲਜਾਂ ‘ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਾਂਗੇ। ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ‘ਚ UGC ਦੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਹੜੇ ਅਧਿਆਪਕਾ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਹਨ ਉਨ੍ਹਾਂ ਦੇ ਭੱਤੇ ‘ਚ ਵਾਧਾ ਸਨਮਾਨ ਯੋਗ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਦਾ ਯੂਨੀਵਰਸਿਟੀ ਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤੱਕ ਦਾ ਫਾਇਦਾ ਹੋਵੇਗਾ।
ਦਰਅਸਲ ਇਸ ਫੈਸਲੇ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ’ਤੇ ਤਕਰੀਬਨ ਸਾਢੇ ਤਿੰਨ ਸੌ ਕਰੋੜ ਰੁਪਏ ਸਾਲਾਨਾ ਦਾ ਬੋਝ ਪਵੇਗਾ। ਯਾਦ ਰਹੇ ਦੇਸ਼ ਦੀਆਂ ਲਗਪਗ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਸੱਤਵਾਂ ਪੇਅ ਕਮਿਸ਼ਨ ਦਿੱਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵੱਲੋਂ ਲਟਕਾਇਆ ਜਾ ਰਿਹਾ ਸੀ ਜਿਸ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਉਧਰ, ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅੱਜ ਕੈਬਨਿਟ ਮੀਟਿੰਗ ਵੀ ਸੱਦ ਲਈ ਗਈ ਹੈ।
