ਜਲੰਧਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ ਮਜ਼ਦੂਰ ਮੋਰਚੇ ਵੱਲੋਂ 20 ਸਤੰਬਰ ਨੂੰ ਫਿਲੌਰ ਵਿਚ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕੀਤਾ ਜਾਵੇਗਾ।
ਇਸ ਬਾਰੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਗੁਲਜ਼ਾਰ ਗੌਰੀਆਂ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ ਤੇ ਜ਼ਮੀਨ ਪ੍ਰਾਪਤੀ ਸ਼ੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ 14 ਸਤੰਬਰ ਨੂੰ ਸ਼ਾਮ ਵੇਲੇ ਦੋ ਮਜ਼ਦੂਰ ਫਿਲੌਰ ਵਿਖੇ ਤੇਜ਼ ਰਫਤਾਰ ਟਰੇਨ ਦੀ ਲਪੇਟ ਵਿਚ ਆਏ ਸਨ ਤੇ ਮੌਕੇ ਉੱਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਦਰਅਸਲ, ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ, ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗੇ ਤਿੰਨ ਦਿਨਾਂ ਧਰਨੇ ਤੋਂ ਸਾਥੀਆਂ ਸਮੇਤ ਘਰਾਂ ਨੂੰ ਵਾਪਸ ਪਰਤ ਰਹੇ ਸਨ ਕਿ ਫਿਲੌਰ ਵਿਖੇ ਇਹ ਹਾਦਸਾ ਵਾਪਰ ਗਿਆ ਸੀ। ਮਜ਼ਦੂਰਾਂ ਦੀ ਇਸ ਦਰਦਨਾਕ ਮੌਤ ਲਈ ਪੰਜਾਬ ਸਰਕਾਰ ਸਰਕਾਰ ਜ਼ਿੰਮੇਵਾਰ ਹੈ। ਪਹਿਲਾਂ ਜੂਨ ਮਹੀਨੇ ਵਿਚ ਮਜ਼ਦੂਰਾਂ ਨੇ ਸੰਗਰੂਰ ਵਿਚ ਦੋ ਵੱਡੀਆਂ ਰੈਲੀਆਂ ਕਰ ਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨਾਲ 7-8 ਜੂੂਨ ਨੂੰ ਮੀਟਿੰਗਾਂ ਹੋਈਆਂ ਸਨ। ਸਰਕਾਰ, ਮੰਨੀਆਂ ਮੰਗਾ ਵੀ ਲਾਗੂ ਨਹੀਂ ਕਰ ਰਹੀ। ਫੌਤ ਹੋਏ ਮਜ਼ਦੂਰਾਂ ਦਾ ਹਾਲੇ ਤਕ ਸਸਕਾਰ ਨਹੀਂ ਕੀਤਾ ਗਿਆ।
ਮੋਰਚੇ ਦੇ ਆਗੂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲਡ਼ੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪਰਮਜੀਤ ਸਿੰਘ ਰੰਧਾਵਾ ਨੇ ਕਿਹਾ ਕਿ 15 ਸਤੰਬਰ ਤੋਂ ਸਾਂਝੇ ਮੋਰਚੇ ਦੀ ਅਗਵਾਈ ਹੇਠ ਮਜ਼ਦੂਰ-ਕਿਸਾਨ ਐੱਸਡੀਐੱਮ ਫਿਲੌਰ ਦੇ ਦਫ਼ਤਰ ਅੱਗੇ ਧਰਨਾ ਲਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਪੀਡ਼ਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਜਥੇਬੰਦੀਆਂ ਦੇ ਕਾਰਕੁਨ ਮੰਗਲਵਾਰ ਨੂੰ ਹਾਈਵੇ ਜਾਮ ਕਰਨਗੇ।
