ਅੰਮ੍ਰਿਤਸਰ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਇਕ ਵਾਰ ਫਿਰ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਗੋਲਡੀ ਬਰਾੜ (Goldy Brar) ‘ਤੇ 2 ਕਰੋੜ ਰੁਪਏ ਦਾ ਇਨਾਮ ਰੱਖਿਆ ਜਾਵੇ, ਉਹ ਖ਼ੁਦ ਇਹ ਰਕਮ ਦੇਣ ਲਈ ਤਿਆਰ ਹਨ, ਭਾਵੇਂ ਉਨ੍ਹਾਂ ਨੂੰ ਆਪਣੀ ਜ਼ਮੀਨ ਕਿਉਂ ਨਾ ਵੇਚਣੀ ਪਵੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਗੁਮਟਾਲਾ ਨੇੜੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ‘ਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਵਾਲੇ ਵਿਅਕਤੀ ਲਈ ਇਨਾਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲ ਅਜੇ ਵੀ ਸ਼ਰੇਆਮ ਘੁੰਮ ਰਹੇ ਹਨ। ਉਹ ਉਦੋਂ ਤਕ ਆਰਾਮ ਨਹੀਂ ਕਰਨਗੇ ਜਦੋਂ ਤਕ ਕਾਤਲਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ। ਉਹ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਹਰ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਚਾਹੇ ਸੁਰੱਖਿਆ ਨਾ ਦੇਵੇ ਪਰ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਜ਼ਰੂਰ ਗ੍ਰਿਫ਼ਤਾਰ ਕੀਤਾ ਜਾਵੇ।
