ਚੰਡੀਗੜ੍ਹ : ਪਟਿਆਲੇ ਦੀ ਕੇਂਦਰੀ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਿਹਾਈ ਅਤੇ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਮੌਕੇ ਜੰਮੂ-ਕਸ਼ਮੀਰ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣ ਦੀ ਉਮੀਦ ਫਿੱਕੀ ਪੈ ਰਹੀ ਹੈ। ਪੰਜਾਬ ਸਰਕਾਰ ਨੇ ਕਾਂਗਰਸੀ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਅਜੇ ਤੱਕ ਰਸਮੀ ਮੋਹਰ ਨਹੀਂ ਲਾਈ ਜਿਸ ਕਾਰਨ ਉਨ੍ਹਾਂ ਦੇ ਜੇਲ੍ਹ ਵਿਚੋਂ ਬਾਹਰ ਆਉਣ ਦੀਆਂ ਸੰਭਾਵਨਾਵਾਂ ਘੱਟ ਦਿਸ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤਿੰਨ ਫਰਵਰੀ ਨੂੰ ਸੱਦੀ ਹੈ। ਇਹ ਮੀਟਿੰਗ ਗਣਤੰਤਰ ਦਿਵਸ ਤੋਂ ਬਾਅਦ ਹੋਣ ਕਾਰਨ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਸਿੱਧੂ ਨੂੰ ਸਜ਼ਾ ਮਾਫ਼ੀ ਦੇਣ ਦੇ ਰੌਂਅ ’ਚ ਨਹੀਂ।
ਵਰਨਣਯੋਗ ਹੈ ਕਿ ਸੂਬਾ ਸਰਕਾਰ ਜੇਲ੍ਹਾਂ ’ਚ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਆਜ਼ਾਦੀ ਦਿਵਸ ਜਾਂ ਗਣਤੰਤਰ ਦਿਵਸ ਮੌਕੇ ਸਜ਼ਾ ਮਾਫ਼ੀ ਦਿੰਦੀ ਹੈ। ਪਿਛਲੇ ਮਹੀਨਿਆਂ ਤੋਂ ਚੰਗੇ ਆਚਰਨ ਨੂੰ ਲੈ ਕੇ ਨਵਜੋਤ ਸਿੱਧੂ ਦੀ ਵੀ ਸਮੇਂ ਤੋਂ ਪਹਿਲਾਂ ਰਿਹਾਈ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਪੰਜਾਬ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਜੇਲ੍ਹ ’ਚ ਸਿੱਧੂ ਨਾਲ ਮੁਲਾਕਾਤਾਂ ਵੀ ਕੀਤੀਆਂ ਸਨ। ਪਿਛਲੇ ਦਿਨ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸ ਦੇ ਪ੍ਰਧਾਨ ਮਲਿੱਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਡਾ. ਸਿੱਧੂ ਦੀਆਂ ਇਨ੍ਹਾਂ ਮੁਲਾਕਾਤਾਂ ਨੂੰ ਸਿਆਸੀ ਹਲਕਿਆਂ ’ਚ ਸਿੱਧੂ ਦੀ ਹਾਈ ਕਮਾਨ ਨਾਲ ਨਜ਼ਦੀਕੀ ਦੇ ਰੂਪ ’ਚ ਵੀ ਦੇਖਿਆ ਜਾ ਰਿਹਾ ਸੀ।
