ਸ੍ਰੀ ਅਨੰਦਪੁਰ ਸਾਹਿਬ, – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸੰਬੰਧੀ ਪਾਸ ਹੋਇਆ ਮਤਾ ਪੜ੍ਹਿਆ। ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸਖਸ਼ੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
