ਨਕੋਦਰ : ਕੰਵਲਜੀਤ ਸਿੰਘ ਮੱਕੜ — ਨਕੋਦਰ ਵਿਖੇ ਨਗਰ ਕੌਂਸਲ ਚੋਣਾਂ ਅਤੇ ਨੂਰਮਹਲ ਵਿਖੇ ਨਗਰ ਪੰਚਾਇਤ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣ ਲਈ ਪੰਜਾਬ ਪੁਲਿਸ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਮਾਣਯੋਗ ਐਸ.ਐਸ.ਪੀ. ਜਲੰਧਰ ਦਿਹਾਤੀ ਸਰਦਾਰ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਵਨੀਤ ਅਹਿਲਾਵਤ ਆਈ.ਪੀ.ਐਸ., ਐਸ.ਪੀ. ਤਫਤੀਸ਼ ਅਤੇ ਡੀ.ਐਸ.ਪੀ. ਨਕੋਦਰ ਸ਼੍ਰੀ ਉਂਕਾਰ ਸਿੰਘ ਬਰਾੜ ਵੱਲੋਂ ਸਮੂਹ ਪੁਲਿਸ ਫੋਰਸ ਨੂੰ ਵਿਸਥਾਰ ਨਾਲ ਬ੍ਰੀਫ ਕੀਤਾ ਗਿਆ।
ਇਸ ਮੌਕੇ ਪੈਟਰੋਲਿੰਗ ਪਾਰਟੀਆਂ, ਬੂਥ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਅਤੇ ਹੋਰ ਸੁਰੱਖਿਆ ਫੋਰਸ ਨੂੰ ਚੋਣ ਡਿਊਟੀ ਸੰਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਅਧਿਕਾਰੀਆਂ ਵੱਲੋਂ ਫੋਰਸ ਨੂੰ ਕਾਨੂੰਨ-ਵਿਵਸਥਾ ਬਰਕਰਾਰ ਰੱਖਣ, ਹਰ ਗਤੀਵਿਧੀ ’ਤੇ ਨਿਗਰਾਨੀ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਯਕੀਨੀ ਬਣਾਉਣ ਲਈ ਸੁਚੇਤ ਰਹਿਣ ਲਈ ਕਿਹਾ ਗਿਆ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਮੱਤ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਬਣਾਈ ਰੱਖਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ।
