ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਲਗਭਗ 98.89 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਅਤੇ ਆਧੁਨਿਕੀਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਲਈ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਪੰਜਾਬ ਦੌਰੇ ਦੌਰਾਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ 15 ਜੁਲਾਈ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਜਲੰਧਰ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਵੀ ਸੰਬੋਧਨ ਕਰ ਸਕਦੇ ਹਨ। ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਇਸ ਰੈਲੀ ਰਾਹੀਂ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਲਈ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਸਕਦੀ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ 17 ਜੁਲਾਈ ਨੂੰ ਚੰਡੀਗੜ੍ਹ ਦੌਰੇ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਦੌਰੇ ਦੇ ਪ੍ਰੋਗਰਾਮ ਦਾ ਐਲਾਨ ਅਜੇ ਨਹੀਂ ਕੀਤਾ ਗਿਆ।
ਉੱਧਰ, ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਨੌਰਦਰਨ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਯਾਤਰੀਆਂ ਲਈ ਕੀਤੀਆਂ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵਿਕਸਤ ਕੀਤਾ ਗਿਆ ਜਲੰਧਰ ਕੈਂਟ ਰੇਲਵੇ ਸਟੇਸ਼ਨ ਪੰਜਾਬ ਦਾ ਪਹਿਲਾ ਅਜਿਹਾ ਰੇਲਵੇ ਸਟੇਸ਼ਨ ਹੈ, ਜਿਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਸਟੇਸ਼ਨ ‘ਤੇ ਯਾਤਰੀਆਂ ਦੀ ਸੁਵਿਧਾ ਲਈ ਆਧੁਨਿਕ ਵੇਟਿੰਗ ਹਾਲ, ਬਿਹਤਰ ਬੈਠਣ ਦੀ ਵਿਵਸਥਾ, ਡਿਜ਼ੀਟਲ ਜਾਣਕਾਰੀ ਪ੍ਰਣਾਲੀ, ਸਾਫ਼-ਸੁਥਰੇ ਪਲੇਟਫਾਰਮ, ਦਿਵਿਆਂਗ ਯਾਤਰੀਆਂ ਲਈ ਵਿਸ਼ੇਸ਼ ਸਹੂਲਤਾਂ, ਉੱਚ ਪੱਧਰੀ ਸੁਰੱਖਿਆ ਪ੍ਰਬੰਧ ਅਤੇ ਹੋਰ ਕਈ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ।
ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਦਘਾਟਨ ਸਮਾਰੋਹ ਨੂੰ ਲੈ ਕੇ ਸਾਰੀਆਂ ਤਿਆਰੀਆਂ ਤੇਜ਼ੀ ਨਾਲ ਮੁਕੰਮਲ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਤੋਂ ਪਹਿਲਾਂ ਹਰ ਪ੍ਰਬੰਧ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ।
