ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਲਗਭਗ 98.89 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਜਾ ਰਹੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਤਿਆਰੀਆਂ ਹੁਣ ਅੰਤਿਮ ਪੜਾਅ ਵਿੱਚ ਹਨ। ਇਸੇ ਕੜੀ ਤਹਿਤ ਅੱਜ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸਤੀਸ਼ ਕੁਮਾਰ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਅਤੇ 17 ਜੁਲਾਈ ਨੂੰ ਹੋਣ ਵਾਲੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
ਦੌਰੇ ਦੌਰਾਨ ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ 17 ਜੁਲਾਈ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਦੇਸ਼ ਭਰ ਦੇ 75 ਮੁੜ ਵਿਕਸਿਤ ਰੇਲਵੇ ਸਟੇਸ਼ਨਾਂ ਦਾ ਇਕੱਠੇ ਉਦਘਾਟਨ ਕਰਨਗੇ। ਇਸ ਸਮਾਗਮ ਨੂੰ ਲੈ ਕੇ ਸਾਰੇ ਪ੍ਰਬੰਧ ਤੇਜ਼ੀ ਨਾਲ ਮੁਕੰਮਲ ਕੀਤੇ ਜਾ ਰਹੇ ਹਨ।
ਸਤੀਸ਼ ਕੁਮਾਰ ਨੇ ਕਿਹਾ ਕਿ ਭਾਰਤੀ ਰੇਲਵੇ ਦਾ ਉਦੇਸ਼ ਯਾਤਰੀਆਂ ਨੂੰ ਵਿਸ਼ਵ ਪੱਧਰੀ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਲਈ ਦੇਸ਼ ਭਰ ਦੇ ਪੁਰਾਣੇ ਰੇਲਵੇ ਸਟੇਸ਼ਨਾਂ ਦਾ ਪੜਾਅਵਾਰ ਢੰਗ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ 100 ਸਾਲ ਤੋਂ ਵੱਧ ਪੁਰਾਣੇ ਕਰੀਬ 1500 ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਮੁੜ ਵਿਕਸਿਤ ਕੀਤੇ ਜਾ ਰਹੇ ਸਟੇਸ਼ਨਾਂ ‘ਤੇ ਯਾਤਰੀਆਂ ਲਈ ਆਧੁਨਿਕ ਵੇਟਿੰਗ ਹਾਲ, ਬਿਹਤਰ ਪਲੇਟਫਾਰਮ, ਐਸਕੇਲੇਟਰ, ਲਿਫਟਾਂ, ਡਿਜ਼ਿਟਲ ਜਾਣਕਾਰੀ ਪ੍ਰਣਾਲੀ, ਸੁੰਦਰ ਇਮਾਰਤਾਂ, ਬਿਹਤਰ ਪਾਰਕਿੰਗ ਅਤੇ ਹੋਰ ਕਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਯਾਤਰੀਆਂ ਨੂੰ ਸੁਵਿਧਾਜਨਕ ਅਤੇ ਆਰਾਮਦਾਇਕ ਸਫ਼ਰ ਦਾ ਅਨੁਭਵ ਮਿਲ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਲਗਭਗ 98.89 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਇਹ ਆਧੁਨਿਕ ਰੇਲਵੇ ਸਟੇਸ਼ਨ ਜਲਦੀ ਹੀ ਯਾਤਰੀਆਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਮਹੱਤਵਪੂਰਨ ਰੇਲਵੇ ਸਟੇਸ਼ਨਾਂ ਵਿੱਚੋਂ ਇੱਕ ਵਜੋਂ ਨਵੀਂ ਪਛਾਣ ਬਣਾਏਗਾ।
