ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਪੁਲਿਸ ਨੇ ਨਾਜਾਇਜ਼ ਅਸਲਾ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਸਰਗਰਮ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ .30 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ .30 ਬੋਰ ਦੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਨਾਲ ਜੁੜੇ ਹੋਏ ਹਨ।
ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ (ਪੀ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਪਤਾਨ (ਤਫ਼ਤੀਸ਼) ਵਿਨੀਤ ਆਹਲਾਵਤ (ਆਈ.ਪੀ.ਐੱਸ.) ਅਤੇ ਡੀਐਸਪੀ ਫਿਲੌਰ ਭਾਰਤ ਮਸੀਹ ਲੱਧੜ (ਪੀ.ਪੀ.ਐੱਸ.) ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫ਼ਸਰ ਥਾਣਾ ਫਿਲੌਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਅੰਜਾਮ ਦਿੱਤੀ।
ਡੀਐਸਪੀ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਪੁਲ ਨੇੜੇ ਹਾਈ-ਟੈਕ ਨਾਕੇ ‘ਤੇ ਵਿਸ਼ੇਸ਼ ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਸਵਿਫਟ ਕਾਰ ਨੰਬਰ PB-02-ER-2316 ਨੂੰ ਰੋਕਿਆ। ਤਲਾਸ਼ੀ ਲੈਣ ‘ਤੇ ਕਾਰ ਵਿੱਚ ਸਵਾਰ ਛੇ ਵਿਅਕਤੀਆਂ ਦੇ ਕਬਜ਼ੇ ਵਿਚੋਂ ਇੱਕ .30 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿਕਪ੍ਰੀਤ ਉਰਫ਼ ਰੋਹਿਤ, ਕਰਨਦੀਪ ਸਿੰਘ ਉਰਫ਼ ਕਰਨ, ਰੌਬਿਨਪ੍ਰੀਤ ਸਿੰਘ, ਰਾਜੇਸ਼ਵਰ ਸਿੰਘ, ਮਨਜੀਤ ਸਿੰਘ ਅਤੇ ਨਿਖਿਲ ਵਜੋਂ ਹੋਈ ਹੈ। ਇਹ ਸਾਰੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਇਸ ਸਬੰਧੀ ਥਾਣਾ ਫਿਲੌਰ ਵਿਖੇ ਐਫ.ਆਈ.ਆਰ. ਨੰਬਰ 205 ਮਿਤੀ 21 ਜੁਲਾਈ 2026 ਤਹਿਤ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਅਧੀਨ ਮਾਮਲਾ ਦਰਜ ਕੀਤਾ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਵੱਖ-ਵੱਖ ਸੰਪਰਕਾਂ ਰਾਹੀਂ ਸਸਤੇ ਭਾਅ ‘ਤੇ ਨਾਜਾਇਜ਼ ਹਥਿਆਰ ਹਾਸਲ ਕਰਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਉੱਚੇ ਭਾਅ ‘ਤੇ ਵੇਚਦੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਬਰਾਮਦ ਕੀਤਾ ਗਿਆ ਪਿਸਤੌਲ ਫਿਲੌਰ ਇਲਾਕੇ ਵਿੱਚ ਸਪਲਾਈ ਕੀਤਾ ਜਾਣਾ ਸੀ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਇਸ ਯੋਜਨਾ ਨੂੰ ਨਾਕਾਮ ਕਰ ਦਿੱਤਾ।
ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਜਾਂਚ ਅਧਿਕਾਰੀਆਂ ਵੱਲੋਂ ਹਥਿਆਰਾਂ ਦੇ ਸਰੋਤ, ਸਪਲਾਈ ਚੇਨ ਅਤੇ ਇਸ ਗੈਰ-ਕਾਨੂੰਨੀ ਅਸਲਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਅਹਿਮ ਖੁਲਾਸੇ ਹੋ ਸਕਦੇ ਹਨ।
ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਨਾਜਾਇਜ਼ ਅਸਲਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ।
