15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਗੜ੍ਹਾ ਰੇਲਵੇ ਕਰਾਸਿੰਗ ’ਤੇ ਕਰੀਬ 900 ਮੀਟਰ ਲੰਬਾ ਫਲਾਈਓਵਰ ਬਣਾਉਣ ਦੇ ਪ੍ਰਾਜੈਕਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੋਮਵਾਰ ਨੂੰ ਜਿਵੇਂ ਹੀ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਗਿਆ, ਇਲਾਕੇ ਦੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਕੰਮ ਰੁਕਵਾ ਦਿੱਤਾ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਥਾਨ ’ਤੇ ਫਲਾਈਓਵਰ ਦੀ ਕੋਈ ਲੋੜ ਨਹੀਂ ਹੈ ਅਤੇ ਪੁਲ ਬਣਨ ਨਾਲ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।
ਦੁਕਾਨਦਾਰਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਸ ਇਲਾਕੇ ਵਿੱਚ ਆਪਣੀਆਂ ਦੁਕਾਨਾਂ ਚਲਾ ਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ। ਉਨ੍ਹਾਂ ਮੁਤਾਬਕ ਜੇਕਰ ਫਲਾਈਓਵਰ ਬਣ ਜਾਂਦਾ ਹੈ ਤਾਂ ਉਸਾਰੀ ਦੌਰਾਨ ਵੀ ਅਤੇ ਪੁਲ ਬਣਨ ਤੋਂ ਬਾਅਦ ਵੀ ਦੁਕਾਨਾਂ ਤੱਕ ਗਾਹਕਾਂ ਦੀ ਪਹੁੰਚ ਪ੍ਰਭਾਵਿਤ ਹੋਵੇਗੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਕਰੀਬ 500 ਪਰਿਵਾਰਾਂ ਦਾ ਰੁਜ਼ਗਾਰ ਪ੍ਰਭਾਵਿਤ ਹੋ ਸਕਦਾ ਹੈ।
ਜੂਨ ਵਿੱਚ ਰੱਖਿਆ ਗਿਆ ਸੀ ਨੀਂਹ ਪੱਥਰ
ਜ਼ਿਕਰਯੋਗ ਹੈ ਕਿ ਇਸੇ ਸਾਲ ਜੂਨ ਮਹੀਨੇ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਲੰਧਰ ਵਿੱਚ ਦੋ ਰੋਡ ਓਵਰਬ੍ਰਿਜ (ਆਰਓਬੀ) ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਨ੍ਹਾਂ ਪ੍ਰਾਜੈਕਟਾਂ ’ਤੇ ਕਰੀਬ 112.93 ਕਰੋੜ ਰੁਪਏ ਦੀ ਲਾਗਤ ਆਉਣੀ ਦੱਸੀ ਗਈ ਸੀ। ਇਨ੍ਹਾਂ ਵਿੱਚ ਗੜ੍ਹਾ ਰੋਡ ਸਮੇਤ ਹੋਰ ਰੇਲਵੇ ਫਾਟਕਾਂ ਨਾਲ ਸਬੰਧਤ ਪ੍ਰਾਜੈਕਟ ਸ਼ਾਮਲ ਹਨ।
ਦੁਕਾਨਦਾਰਾਂ ਨੇ ਕਿਹਾ ਕਿ ਨੀਂਹ ਪੱਥਰ ਰੱਖੇ ਜਾਣ ਸਮੇਂ ਵੀ ਉਨ੍ਹਾਂ ਵੱਲੋਂ ਫਲਾਈਓਵਰ ਨਾ ਬਣਾਉਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਹੁਣ ਜਦੋਂ ਕੰਮ ਸ਼ੁਰੂ ਕੀਤਾ ਗਿਆ ਹੈ ਤਾਂ ਉਹ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ।
‘60 ਸਾਲਾਂ ਤੋਂ ਕਰ ਰਹੇ ਹਾਂ ਕਾਰੋਬਾਰ’
ਦੁਕਾਨਦਾਰਾਂ ਦੇ ਪ੍ਰਧਾਨ ਚੰਦਨ ਕੁਮਾਰ ਨੇ ਕਿਹਾ ਕਿ ਇਸ ਇਲਾਕੇ ਵਿੱਚ ਪਿਛਲੇ ਕਰੀਬ 60 ਸਾਲਾਂ ਤੋਂ ਦੁਕਾਨਾਂ ਚੱਲ ਰਹੀਆਂ ਹਨ ਅਤੇ ਇਨ੍ਹਾਂ ਦੁਕਾਨਾਂ ’ਤੇ ਨਿਰਭਰ ਕਰਦੇ ਹੋਏ ਲਗਭਗ 500 ਪਰਿਵਾਰਾਂ ਦਾ ਗੁਜ਼ਾਰਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਲਾਈਓਵਰ ਦੀ ਉਸਾਰੀ ਵਿੱਚ ਦੋ ਸਾਲ ਦਾ ਸਮਾਂ ਲੱਗਦਾ ਹੈ ਤਾਂ ਇਸ ਸਮੇਂ ਦੌਰਾਨ ਦੁਕਾਨਦਾਰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਿਵੇਂ ਕਰਨਗੇ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਸ਼ਾਸਨ ਨੂੰ ਦੁਕਾਨਦਾਰਾਂ ਦੀ ਸਮੱਸਿਆ ਨੂੰ ਸਮਝਣਾ ਚਾਹੀਦਾ ਹੈ। ਜੇਕਰ ਇੱਥੇ ਟ੍ਰੈਫਿਕ ਦੀ ਸਮੱਸਿਆ ਹੈ ਤਾਂ ਉਸ ਦੇ ਹੱਲ ਲਈ ਪੁਲ ਬਣਾਉਣ ਦੀ ਬਜਾਏ ਟ੍ਰੈਫਿਕ ਪੁਲਿਸ ਦਾ ਇਕ ਮੁਲਾਜ਼ਮ ਤਾਇਨਾਤ ਕੀਤਾ ਜਾਵੇ, ਜਿਸ ਨਾਲ ਆਵਾਜਾਈ ਨੂੰ ਵਿਵਸਥਿਤ ਕੀਤਾ ਜਾ ਸਕਦਾ ਹੈ।
‘ਇਲਾਕਾ ਵਾਸੀਆਂ ਨੇ ਕਦੇ ਪੁਲ ਦੀ ਮੰਗ ਨਹੀਂ ਕੀਤੀ’
ਇਕ ਹੋਰ ਦੁਕਾਨਦਾਰ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਕਦੇ ਵੀ ਇੱਥੇ ਫਲਾਈਓਵਰ ਬਣਾਉਣ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਲਾਕੇ ਦੇ ਲੋਕ ਅਤੇ ਦੁਕਾਨਦਾਰ ਹੀ ਪੁਲ ਬਣਨ ਦਾ ਵਿਰੋਧ ਕਰ ਰਹੇ ਹਨ ਤਾਂ ਪ੍ਰਸ਼ਾਸਨ ਕਿਸ ਦੀ ਸਹੂਲਤ ਲਈ ਇਹ ਪ੍ਰਾਜੈਕਟ ਲੈ ਕੇ ਆ ਰਿਹਾ ਹੈ।
ਦੁਕਾਨਦਾਰਾਂ ਨੇ ਗੜ੍ਹਾ ਰੋਡ ਤੋਂ ਇਲਾਵਾ ਚਿਕ-ਚਿਕ ਚੌਕ, ਫੁੱਟਬਾਲ ਚੌਕ, ਲਾਡੋਵਾਲ ਰੋਡ ਅਤੇ ਬੱਸ ਸਟੈਂਡ ਚੌਕ ਆਦਿ ਥਾਵਾਂ ਦੀਆਂ ਟ੍ਰੈਫਿਕ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਰਫ਼ ਫਲਾਈਓਵਰ ਬਣਾਉਣਾ ਹੀ ਟ੍ਰੈਫਿਕ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੱਥੇ ਫਲਾਈਓਵਰ ਬਣਾਇਆ ਗਿਆ ਤਾਂ ਟ੍ਰੈਫਿਕ ਘਟਣ ਦੀ ਬਜਾਏ ਹੋਰ ਵਧ ਸਕਦਾ ਹੈ।
ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਜੈਕਟ ’ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਇਲਾਕੇ ਦੇ ਦੁਕਾਨਦਾਰਾਂ ਤੇ ਵਸਨੀਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣੇ ਰੁਜ਼ਗਾਰ ਨੂੰ ਪ੍ਰਭਾਵਿਤ ਕਰਨ ਵਾਲਾ ਫਲਾਈਓਵਰ ਨਹੀਂ ਬਣਨ ਦੇਣਗੇ ਅਤੇ ਇਸ ਦੇ ਵਿਰੋਧ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣਗੇ।
