ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ: ਵੈਸਟ ਹਲਕੇ ਅਧੀਨ ਪੈਂਦੀ ਪੁਲਿਸ ਚੌਕੀ ਲੈਦਰ ਕੰਪਲੈਕਸ ਦੇ ਇਲਾਕੇ ਵਿੱਚ 4 ਸਾਲਾ ਬੱਚੇ ਕੁੰਜ ਦੀ ਕਥਿਤ ਕਿਡਨੈਪਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਕਰੀਬ 1:45 ਵਜੇ ਗਲੀ ਵਿੱਚ ਖੇਡ ਰਹੇ ਬੱਚੇ ਨੂੰ ਚਿੱਟੇ ਰੰਗ ਦੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਚੁੱਕ ਕੇ ਲੈ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਨੌਜਵਾਨ ਬੱਚੇ ਨੂੰ ਐਕਟਿਵਾ ਦੇ ਵਿਚਕਾਰ ਬਿਠਾ ਕੇ ਲੈ ਜਾਂਦੇ ਦਿਖਾਈ ਦੇ ਰਹੇ ਹਨ।
ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਮੂੰਹ ’ਤੇ ਮਾਸਕ ਪਾਇਆ ਹੋਇਆ ਸੀ, ਜਦਕਿ ਦੂਜੇ ਦਾ ਚਿਹਰਾ ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ’ਤੇ ਨੰਬਰ ਪਲੇਟ ਵੀ ਨਹੀਂ ਲੱਗੀ ਹੋਈ ਸੀ। ਫੁਟੇਜ ਵਿੱਚ ਨੌਜਵਾਨ ਬੱਚੇ ਨੂੰ ਲੈ ਕੇ ਰਾਜ ਨਗਰ ਵੱਲ ਜਾਂਦੇ ਦਿਖਾਈ ਦੇ ਰਹੇ ਹਨ।
ਪੁਲਿਸ ਨੇ ਸ਼ਹਿਰ ’ਚ ਕੀਤਾ ਅਲਰਟ
ਘਟਨਾ ਦੀ ਸੂਚਨਾ ਮਿਲਦੇ ਹੀ ਲੈਦਰ ਕੰਪਲੈਕਸ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਬੱਚੇ ਨੂੰ ਲੈ ਕੇ ਜਾਣ ਵਾਲੇ ਨੌਜਵਾਨਾਂ ਦੇ ਰੂਟ ਦਾ ਪਤਾ ਲਗਾਇਆ ਜਾ ਸਕੇ।
ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਪੁਲਿਸ ਨੂੰ ਦੁਪਹਿਰ ਸਮੇਂ ਸੂਚਨਾ ਮਿਲੀ ਸੀ ਕਿ ਗਲੀ ਵਿੱਚ ਖੇਡ ਰਹੇ 4 ਸਾਲਾ ਬੱਚੇ ਨੂੰ ਐਕਟਿਵਾ ਸਵਾਰ ਦੋ ਨੌਜਵਾਨ ਆਪਣੇ ਨਾਲ ਲੈ ਗਏ ਹਨ। ਘਟਨਾ ਦੀ ਸੀਸੀਟੀਵੀ ਫੁਟੇਜ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅਤੇ ਚੌਕੀਆਂ ਨੂੰ ਸਾਂਝੀ ਕਰ ਦਿੱਤੀ ਗਈ ਹੈ। ਸ਼ਹਿਰ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮਾਂ ਦਾ ਰੋ-ਰੋ ਕੇ ਬੁਰਾ ਹਾਲ
ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ। ਬੱਚੇ ਦੀ ਮਾਂ ਸ਼ਾਨੂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਕੁੰਜ ਗਲੀ ਵਿੱਚ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ। ਇਸੇ ਦੌਰਾਨ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਆਏ ਅਤੇ ਉਸ ਦੇ ਬੱਚੇ ਨੂੰ ਚੁੱਕ ਕੇ ਲੈ ਗਏ।
ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪਰਿਵਾਰ ਅਤੇ ਇਲਾਕਾ ਵਾਸੀਆਂ ਵੱਲੋਂ ਬੱਚੇ ਦੀ ਭਾਲ ਲਈ ਪੁਲਿਸ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਖੇਡ ਰਹੇ ਬੱਚੇ ਨੇ ਦੱਸੀ ਘਟਨਾ
ਮੌਕੇ ’ਤੇ ਮੌਜੂਦ ਬੱਚੇ ਦੇ ਦੋਸਤ ਕ੍ਰਿਸ਼ ਨੇ ਦੱਸਿਆ ਕਿ ਉਹ ਸਾਰੇ ਗਲੀ ਵਿੱਚ ਖੇਡ ਰਹੇ ਸਨ। ਇਸ ਦੌਰਾਨ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਆਏ ਅਤੇ ਉਸ ਦੇ ਦੋਸਤ ਕੁੰਜ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ। ਪੁਲਿਸ ਵੱਲੋਂ ਕੰਟਰੋਲ ਰੂਮ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਅਤੇ ਬੱਚੇ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ।
