ਜਲੰਧਰ : ਕੰਵਲਜੀਤ ਸਿੰਘ ਮੱਕੜ – ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ, ਸਪਲਾਈ ਅਤੇ ਤਸਕਰੀ ਨੂੰ ਰੋਕਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ CASO (Cordon and Search Operation) ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਵੱਲੋਂ ਹੌਟਸਪੌਟ ਇਲਾਕਿਆਂ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਖੁਦ ਮੌਕੇ ’ਤੇ ਪਹੁੰਚ ਕੇ ਪੂਰੀ ਕਾਰਵਾਈ ਦੀ ਨਿਗਰਾਨੀ ਕੀਤੀ।
ਇਹ ਵਿਸ਼ੇਸ਼ ਮੁਹਿੰਮ ਡੀਐਸਪੀ ਸਬ-ਡਵੀਜ਼ਨ ਸ਼ਾਹਕੋਟ ਸਰਵਣ ਸਿੰਘ ਬੱਲ ਅਤੇ ਡੀਐਸਪੀ ਪੀਬੀਆਈ/ਸਪੈਸ਼ਲ ਕਰਾਈਮ ਰਸ਼ਪਾਲ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ। ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਵੈਰੀਫਿਕੇਸ਼ਨ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵੀ ਚੈਕਿੰਗ ਕੀਤੀ।
ਪੁਲਿਸ ਅਨੁਸਾਰ CASO ਮੁਹਿੰਮ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਕੁੱਲ 6 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀਆਂ ਵੱਖ-ਵੱਖ ਖੇਪਾਂ ਵੀ ਬਰਾਮਦ ਕੀਤੀਆਂ ਗਈਆਂ।
ਥਾਣਾ ਸ਼ਾਹਕੋਟ ਦੀ ਪੁਲਿਸ ਨੇ ਇੱਕ ਮੁਕੱਦਮਾ ਦਰਜ ਕਰਕੇ 52 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਲੋਹੀਆਂ ਵੱਲੋਂ ਇੱਕ ਮਾਮਲਾ ਦਰਜ ਕਰਕੇ 0.3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ ਤਿੰਨ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ। ਇਨ੍ਹਾਂ ਕਾਰਵਾਈਆਂ ਦੌਰਾਨ 300 ਬੋਤਲਾਂ ਲਾਹਣ, 30,000 ਲੀਟਰ ਲਾਹਣ, 59 ਨਸ਼ੀਲੀਆਂ ਗੋਲੀਆਂ ਅਤੇ 7,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਥਾਣਾ ਬਿਲਗਾ ਵੱਲੋਂ ਇੱਕ ਮੁਕੱਦਮਾ ਦਰਜ ਕਰਕੇ 19 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ CASO ਮੁਹਿੰਮ ਦਾ ਮਕਸਦ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ’ਤੇ ਨਿਗਰਾਨੀ ਹੋਰ ਸਖ਼ਤ ਕਰਨਾ ਹੈ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਚਨਚੇਤ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਐਸਐਸਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ CASO ਅਤੇ ਅਚਨਚੇਤ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
