15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਕੰਵਲਜੀਤ ਸਿੰਘ ਮੱਕੜ – ਫਗਵਾੜਾ ਦੇ ਬੰਗਾ ਰੋਡ ਸਥਿਤ 116 ਸਾਲ ਪੁਰਾਣੇ ਇਤਿਹਾਸਕ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸ਼ਵਕਰਮਾ ਪੂਜਾ ਮਹੋਤਸਵ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ‘ਤੇ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
ਮੰਦਰ ਪਹੁੰਚਣ ‘ਤੇ ਉੱਥੇ ਮੌਜੂਦ ਸੰਗਤ ਅਤੇ ਸਥਾਨਕ ਲੋਕਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਧਾਰਮਿਕ ਮਾਹੌਲ ਦਰਮਿਆਨ ਕਾਰੀਗਰਾਂ, ਸ਼ਿਲਪਕਾਰਾਂ, ਮਜ਼ਦੂਰਾਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੇ ਆਪਣੇ ਕੰਮਕਾਜ ਵਿੱਚ ਵਰਤੇ ਜਾਣ ਵਾਲੇ ਔਜ਼ਾਰਾਂ, ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਪੂਜਾ ਕਰਕੇ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਗਤ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਆਉਣ ਵਾਲੇ ਹੋਰ ਤਿਉਹਾਰਾਂ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਸਾਨੂੰ ਮਿਹਨਤ, ਹੁਨਰ, ਸਿਰਜਣਾਤਮਕਤਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਦੇਸ਼ ਦੇ ਨਿਰਮਾਣ ਅਤੇ ਆਰਥਿਕ ਵਿਕਾਸ ਵਿੱਚ ਕਾਰੀਗਰਾਂ, ਮਜ਼ਦੂਰਾਂ ਅਤੇ ਸ਼ਿਲਪਕਾਰਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਦੇ ਹੁਨਰ ਅਤੇ ਮਿਹਨਤ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਭਰ ਵਿੱਚ ਲਗਭਗ 30 ਲੱਖ ਕਾਰੀਗਰ ਜੁੜ ਚੁੱਕੇ ਹਨ। ਇਸ ਯੋਜਨਾ ਦਾ ਮਕਸਦ ਰਵਾਇਤੀ ਕਿੱਤਿਆਂ ਨਾਲ ਜੁੜੇ ਕਾਰੀਗਰਾਂ ਨੂੰ ਸਿਖਲਾਈ, ਆਧੁਨਿਕ ਸੰਦਾਂ ਅਤੇ ਆਰਥਿਕ ਸਹਾਇਤਾ ਰਾਹੀਂ ਆਤਮਨਿਰਭਰ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਮੁੱਖ ਮੰਤਰੀ ਵਿਸ਼ਵਕਰਮਾ ਸਨਮਾਨ ਯੋਜਨਾ ਰਾਹੀਂ ਕਾਰੀਗਰਾਂ ਨੂੰ ਹੋਰ ਆਰਥਿਕ ਸਹਾਇਤਾ ਦੇਣ ਲਈ 5,000 ਰੁਪਏ ਵਾਧੂ ਜੋੜੇ ਗਏ ਹਨ, ਤਾਂ ਜੋ ਉਨ੍ਹਾਂ ਦੇ ਕੰਮ ਨੂੰ ਉਤਸ਼ਾਹ ਮਿਲੇ ਅਤੇ ਉਹ ਆਪਣੀ ਰੋਜ਼ੀ-ਰੋਟੀ ਨੂੰ ਹੋਰ ਬਿਹਤਰ ਬਣਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਕਾਰੀਗਰਾਂ ਅਤੇ ਮਿਹਨਤਕਸ਼ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿਹਤ ਸਹੂਲਤਾਂ ਸਬੰਧੀ ਇੱਕ ਹੋਰ ਅਹਿਮ ਐਲਾਨ ਕਰਦਿਆਂ ਡਾਇਲਸਿਸ ਦਾ ਇਲਾਜ ਮੁਫ਼ਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
ਹਰਿਆਣਾ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣੇਗੀ।
ਸਮਾਗਮ ਦੌਰਾਨ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ, ਕਾਰੀਗਰ, ਉਦਯੋਗਪਤੀ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਪੂਰੇ ਮੰਦਰ ਕੰਪਲੈਕਸ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਇਹ ਸਮਾਗਮ ਭਗਵਾਨ ਵਿਸ਼ਵਕਰਮਾ ਜੀ ਪ੍ਰਤੀ ਆਸਥਾ ਪ੍ਰਗਟਾਉਣ ਦੇ ਨਾਲ-ਨਾਲ ਮਿਹਨਤਕਸ਼ ਵਰਗ ਦੇ ਸਨਮਾਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਦਾ ਵੀ ਮੌਕਾ ਬਣਿਆ।
