ਰੂਪਨਗਰ : ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਸਿੱਖ ਆਗੂ ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਨ ਸਭਾ ਦੀ ਚੋਣ ਜਿੱਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਰੂਪਨਗਰ ਜ਼ਿਲ੍ਹੇ ਦਾ ਮਾਣ ਵਧਾ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਪੈਦਾ ਹੋਈ ਹੈ। ਦਲਿਤ ਵਰਗ ਵਿੱਚੋਂ ਪਹਿਲੀ ਵਾਰ ਮੁੱਖ ਮੰਤਰੀ ਬਣਾਉਣ ਦੇ ਫ਼ੈਸਲੇ ਸਦਕਾ ਦਲਿਤ ਭਾਈਚਾਰੇ ਦਾ ਮਾਣ ਵਧਿਆ ਹੈ।
ਕਾਬਿਲੇ ਜ਼ਿਕਰ ਹੈ ਕਿ ਚੰਨੀ ਨੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਲਗਾਤਾਰ ਚੋਣ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਤੋੜਿਆ ਸੀ। ਚੰਨੀ ਦੇ ਸੁਪਰਫਾਸਟ ਰਾਜਨੀਤਕ ਸਫ਼ਰ ਦੀ ਗੱਲ ਕਰੀਏ ਤਾਂ ਚੰਨੀ ਨੇ ਖਰੜ ਨਗਰ ਕੌਂਸਲ ਦੇ ਕੌਂਸਲਰ ਤੇ ਪ੍ਰਧਾਨ ਬਣਨ ਨਾਲ ਰਾਜਨੀਤੀ ਸ਼ੁਰੂ ਕੀਤੀ ਸੀ। ਇਸ ਪਿੱਛੋਂ ਚਰਨਜੀਤ ਸਿੰਘ ਚੰਨੀ ਨੇ ਆਜ਼ਾਦ ਤੌਰ ’ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 2007 ਵਿਚ ਚੋਣ ਲੜੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਹਲਕਾ ਸ੍ਰੀ ਚਮਕੌਰ ਸਹਿਬ ਤੋਂ ਸਾਬਕਾ ਕੈਬਿਨਟ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਸੀ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਬ ਤੋਂ ਲੰਬੇ ਸਮੇਂ ਤੋਂ ਚਲ ਰਿਹਾ ਦਬਦਬਾ ਖ਼ਤਮ ਹੋ ਗਿਆ ਸੀ ਪਰ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਬਣੀ ਸੀ ਅਤੇ ਚੰਨੀ ਨੇ ਆਜ਼ਾਦ ਵਿਧਾਇਕ ਵਜੋਂ ਅਕਾਲੀ ਭਾਜਪਾ ਸਰਕਾਰ ਨੂੰ ਬਾਹਰੋਂ ਸਮਰਥਨ ਦਿੱਤਾ ਸੀ। ਇਸ ਪਿੱਛੋਂ ਚਰਨਜੀਤ ਸਿੰਘ ਚੰਨੀ ਨੇ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਜਿੱਤੀ ਪਰ ਫਿਰ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਦੁਬਾਰਾ ਸਰਕਾਰ ਬਣ ਗਈ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦਿੰਦੇ ਹੋਏ ਹਰਾ ਦਿੱਤਾ ਸੀ। ਫਿਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਕੈਬਿਨਟ ਮੰਤਰੀ ਬਣੇ। ਇਸ ਤੋਂ ਪਹਿਲਾਂ ਚੰਨੀ ਪਾਰਟੀ ਵੱਲੋਂ ਵਿਧਾਇਕ ਦਲ ਦੇ ਆਗੂ ਰਹਿ ਚੁੱਕੇ ਹਨ।
ਰੂਪਨਗਰ ਜ਼ਿਲ੍ਹੇ ਦੀ ਸਿਆਸਤ ਦੀ ਗੱਲ ਕਰੀਏ ਤਾਂ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਦਾ ਸਮਰਥਨ ਕੀਤਾ ਸੀ ਤੇ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਹੁੰਦੇ ਹੋਏ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਸਪੀਕਰ ਰਾਣਾ ਕੇਪੀ ਸਿੰਘ ਕੈਪਟਨ ਅਮਰਿੰਦਰ ਸਿੰਘ ਗੁੱਟ ਦੇ ਮੰਨੇ ਜਾਂਦੇ ਹਨ, ਇਸ ਲਈ ਹੁਣ ਚੰਨੀ ਦੇ ਹੁਣ ਮੁੱਖ ਮੰਤਰੀ ਬਣਨ ਨਾਲ ਰੂਪਨਗਰ ਜ਼ਿਲ੍ਹੇ ਦੀ ਸਿਆਸਤ ਵਿਚ ਵੱਡੀ ਤਬਦੀਲੀ ਆ ਜਾਏਗੀ।
